ਜਲੰਧਰ, 28 ਜਨਵਰੀ (ਸ਼ਿਵਮ ਪਾਂਡੇ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਾਬੋਵਾਲ ਤੋਂ ਦਾਖ਼ਲਾ ਵੈਨ ਰੈਲੀ ਰਵਾਨਾ ਕੀਤੀ ਗਈ, ਜਿਸਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹਰੀ ਝੰਡੀ ਦਿਖਾ ਕੇ ਸ਼ੁਰੂ ਕੀਤਾ। ਇਹ ਰੈਲੀ ਜ਼ਿਲ੍ਹੇ ਦੇ 17 ਸਿੱਖਿਆ ਬਲਾਕਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 9 ਸਕੂਲ ਆਫ ਐਮੀਨੈਂਸ ਅਤੇ 18 ਸਕੂਲ ਆਫ ਹੈਪੀਨੈਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਯੋਗ ਅਧਿਆਪਕ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਉਪਲਬਧ ਹੈ ਅਤੇ ਹੁਣ ਦਾਖ਼ਲੇ ਆਨਲਾਈਨ ਪੋਰਟਲ ਰਾਹੀਂ ਵੀ ਕਰਵਾਏ ਜਾ ਸਕਦੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਅਧਿਆਪਕ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸਕੂਲਾਂ ਤੋਂ ਵਾਂਝੇ ਬੱਚਿਆਂ ਨੂੰ ਵੀ ਮੁੜ ਸਕੂਲਾਂ ਨਾਲ ਜੋੜਿਆ ਜਾਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਮੁਨੀਸ਼ ਸ਼ਰਮਾ ਨੇ ਕਿਹਾ ਕਿ ਇਸ ਅਭਿਆਨ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਭਰੋਸਾ ਵਧਿਆ ਹੈ ਅਤੇ ਵੱਡੀ ਗਿਣਤੀ ਵਿੱਚ ਮਾਪੇ ਦਾਖ਼ਲਿਆਂ ਲਈ ਰੁਚੀ ਦਿਖਾ ਰਹੇ ਹਨ। ਜਾਣਕਾਰੀ ਦਿੰਦਿਆਂ ਵਰਿੰਦਰਵੀਰ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਪੂਰਬੀ-4, ਸ਼ਾਹਕੋਟ-1, ਸ਼ਾਹਕੋਟ-2 ਅਤੇ ਲੋਹੀਆਂ ਖਾਸ ਸਿੱਖਿਆ ਬਲਾਕਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਪ੍ਰਦੀਪ ਪ੍ਰਿਤਪਾਲ ਸਿੰਘ, ਬੀਪੀਈਓ ਗੁਰਦੀਪ ਸਿੰਘ, ਨਿਰਮਲ ਸਿੰਘ, ਰਮੇਸ਼ਵਰ ਚੰਦਰ, ਪੰਕਜ ਕੁਮਾਰ, ਚਰਨਜੀਤ ਸਿੰਘ, ਸੰਦੀਪ ਸਿੱਧੂ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਅਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ। ਫੋਟੋ ਕੈਪਸ਼ਨ: ਦਾਖ਼ਲਾ ਵੈਨ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ।

