Type Here to Get Search Results !

ਮੋਹਿੰਦਰ ਭਗਤ ਵੱਲੋਂ ਜਲੰਧਰ ਵਿੱਚ 6.24 ਕਰੋੜ ਦੇ 11 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ, ਸ਼ਹਿਰੀ ਢਾਂਚੇ ਨੂੰ ਮਿਲੇਗੀ ਨਵੀਂ ਰਫ਼ਤਾਰ

 



ਜਲੰਧਰ, 3 ਫਰਵਰੀ : (ਵਿਕਾਸ ਕੁਮਾਰ) ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਭਰ ’ਚ ਸੜਕਾਂ, ਗਲੀਆਂ, ਪਾਰਕਾਂ ਅਤੇ ਜਨਤਕਾਂ ਥਾਵਾਂ ਨੂੰ ਅਪਗ੍ਰੇਡ ਕਰਨ ਦੇ ਮੰਤਵ ਨਾਲ 6.24 ਕਰੋੜ ਰੁਪਏ ਦੀ ਲਾਗਤ ਵਾਲੇ 11 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਆਂ ਪਹਿਲਕਦਮੀਆਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੀਆਂ ਅਤੇ ਜਲੰਧਰ ਸ਼ਹਿਰ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹਿਰੀ ਵਿਕਾਸ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਮੌਕੇ ਅਧਿਕਾਰੀਆਂ ਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਨਾਗਰਿਕ ਸਹੂਲਤਾਂ ਹੋਰ ਬਿਹਤਰ ਹੋਣਗੀਆਂ।

ਇਨ੍ਹਾਂ ਵਿਕਾਸ ਪ੍ਰਾਜੈਕਟਾਂ ਵਿੱਚ ਸੀ-ਬਲਾਕ ਵਿੱਚ 31.1 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ, ਭਾਰਗੋ ਕੈਂਪ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ 48.55 ਲੱਖ ਰੁਪਏ ਨਾਲ ਸੜਕਾਂ, ਰਾਜ ਨਗਰ ਵਿੱਚ 15.68 ਲੱਖ ਰੁਪਏ ਤੇ 21.18 ਲੱਖ ਰੁਪਏ ਨਾਲ ਗਲੀਆਂ ਅਤੇ ਅਬਾਦਪੁਰਾ ਵਿੱਚ 15.5 ਲੱਖ ਅਤੇ ਹਰਬੰਸ ਨਗਰ ਨੇੜੇ 20.49 ਲੱਖ ਰੁਪਏ ਨਾਲ ਗਲੀਆਂ ਦਾ ਨਿਰਮਾਣ ਸ਼ਾਮਲ ਹੈ। ਇਸ ਦੇ ਨਾਲ ਹੀ ਅਪਨਾ ਪਾਰਕ ਨੇੜੇ 49.63 ਲੱਖ ਰੁਪਏ ਅਤੇ ਜੇ.ਪੀ.ਨਗਰ ਵਿਖੇ 44.14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਸ਼ਾਮਲ ਹਨ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਬਿਸਤ ਦੁਆਬ ਕੈਨਾਲ ਦੇ ਨਾਲ-ਨਾਲ 3.28 ਕਰੋੜ ਰੁਪਏ ਦੀ ਲਾਗਤ ਮੁਕੰਮਲ ਹੋਣ ਵਾਲੀ ਚੇਨ ਫੈਂਸਿੰਗ ਸਮੇਤ ਵੱਡੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਬਾਬਾ ਬੁੱਢਾ ਮੱਲ ਪਾਰਕ ਅਤੇ 120 ਫੁੱਟੀ ਰੋਡ ਵਿਖੇ 25-25 ਲੱਖ ਰੁਪਏ ਦੀ ਲਾਗਤ ਨਾਲ 2 ਪਬਲਿਕ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਤਾਂ ਜੋ ਵਿੱਦਿਅਕ ਅਤੇ ਭਾਈਚਾਰਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।   

ਇਸ ਮੌਕੇ ਬੋਲਦਿਆਂ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਿਕਾਸ ਪ੍ਰਾਜੈਕਟਾਂ ’ਤੇ ਲਗਾਤਾਰ ਧਿਆਨ ਦੇ ਰਹੀ ਹੈ, ਜੋ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸ਼ਹਿਰ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਂਦੇ ਹਨ।

ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਹੋਰ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ।

Post a Comment

0 Comments
* Please Don't Spam Here. All the Comments are Reviewed by Admin.

#codes