Type Here to Get Search Results !

ਜਲੰਧਰ ’ਚ ਡਰੱਗ ਹਾਟਸਪੋਟਸ ’ਤੇ ਸਖ਼ਤ ਕਾਰਵਾਈ ਦੇ ਹੁਕਮ, ਨੌਜਵਾਨਾਂ ਲਈ ਖੇਡਾਂ-ਸੱਭਿਆਚਾਰਕ ਸਰਗਰਮੀਆਂ ਨੂੰ ਮਿਲੇਗਾ ਵਧਾਵਾ

 


ਜਲੰਧਰ, 9 ਫਰਵਰੀ — ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਆਪਣੇ-ਆਪਣੇ ਇਲਾਕਿਆਂ ਦੇ ਡਰੱਗ ਹਾਟਸਪੋਟਸ ਵਿੱਚ ਵਿਆਪਕ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ, ਤਾਂ ਜੋ ਉਥੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕਰਨਾ ਵੀ ਲਾਜ਼ਮੀ ਹੈ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਹੋਰ ਉਸਾਰੂ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ-ਵਿਵਸਥਾ ਦਾ ਮਸਲਾ ਨਹੀਂ, ਬਲਕਿ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਨਾਲ ਨਜਿੱਠਣ ਲਈ ਸਾਂਝੇ ਅਤੇ ਬਹੁ-ਪੱਖੀ ਉਪਰਾਲਿਆਂ ਦੀ ਲੋੜ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ। ਸਕੂਲਾਂ ਵਿੱਚ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਪੁਲਿਸ, ਸਿਹਤ ਅਤੇ ਹੋਰ ਵਿਭਾਗਾਂ ਨੂੰ ਨਸ਼ਾ ਛੱਡ ਕੇ ਮੁੜ ਆਮ ਜ਼ਿੰਦਗੀ ਵੱਲ ਪਰਤੇ ਲੋਕਾਂ ਦੀਆਂ ਪ੍ਰੇਰਕ ਕਹਾਣੀਆਂ ਸਾਂਝੀਆਂ ਕਰਨ ਲਈ ਵੀ ਕਿਹਾ, ਤਾਂ ਜੋ ਹੋਰ ਪ੍ਰਭਾਵਿਤ ਵਿਅਕਤੀ ਵੀ ਸਮਾਜ ਨਾਲ ਮੁੜ ਜੁੜ ਸਕਣ।

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੀ ਕਾਰਵਾਈ ਦੀ ਵੀ ਸਮੀਖਿਆ ਕਰਦਿਆਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੋਹਰਾਈ ਅਤੇ ਸਾਰੇ ਵਿਭਾਗਾਂ ਨੂੰ ਪੂਰੇ ਤਾਲਮੇਲ ਨਾਲ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਸਮੇਤ ਪੁਲਿਸ, ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

Post a Comment

0 Comments
* Please Don't Spam Here. All the Comments are Reviewed by Admin.

#codes