ਜਲੰਧਰ, 3 ਮਾਰਚ:(ਸ਼ਿਵਮ ਪਾਂਡੇ) Commissionerate Police Jalandhar ਨੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ Dhanpreet Kaur ਨੇ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਜੇਅੰਤ ਪੁਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ 28 ਫਰਵਰੀ 2026 ਨੂੰ ਮੁਹੱਲਾ ਸੰਤੋਖਪੁਰਾ ਵਿੱਚ ਸਰਕਾਰੀ ਵੈਟਰਨਰੀ ਡਾਕਟਰ ਯਸ਼ਪਾਲ ਦੇ ਘਰ ਬਾਹਰ ਖੜ੍ਹੀ ਕਾਰ ਅਤੇ ਗੇਟ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਸਬੰਧੀ ਮੁਕੱਦਮਾ ਨੰਬਰ 55 ਮਿਤੀ 28.02.2026 ਅਧੀਨ ਧਾਰਾ 125, 109 ਬੀ.ਐਨ.ਐਸ. ਅਤੇ 25 ਆਰਮਜ਼ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8 ਵਿੱਚ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।
ਤਫ਼ਤੀਸ਼ ਦੌਰਾਨ ਪੁਲਿਸ ਨੇ ਜਗਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ, ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਕੋਲੋਂ 2 ਪਿਸਤੌਲ (ਇੱਕ .30 ਬੋਰ ਅਤੇ ਇੱਕ .32 ਬੋਰ), ਮੈਗਜ਼ੀਨ, 6 ਰੌਂਦ ਗੋਲੀਆਂ, ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਅਤੇ ਵਾਰਦਾਤ ਸਮੇਂ ਪਹਿਨੇ ਕੱਪੜੇ ਬਰਾਮਦ ਕੀਤੇ ਗਏ ਹਨ।
ਪੁਲਿਸ ਮੁਤਾਬਕ, ਮੁਲਜ਼ਮ ਜਗਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਤਰਨ ਤਾਰਨ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਹੈ। ਦੋਨੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।
ਪੁਲਿਸ ਕਮਿਸ਼ਨਰ ਨੇ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਗੈਂਗਸਟਰ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਹੈਲਪਲਾਈਨ 93946-93946 ’ਤੇ ਸੰਪਰਕ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ 10 ਲੱਖ ਰੁਪਏ ਤੱਕ ਇਨਾਮ ਦਿੱਤਾ ਜਾਵੇਗਾ।

