ਜਲੰਧਰ, 20 ਅਪ੍ਰੈਲ: ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਹਾਈਵੇ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ-ਹੁਸ਼ਿਆਰਪੁਰ ਹਾਈਵੇ ਅਤੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ
ਸ਼੍ਰੀ ਵਾਲੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਵਿਕਾਸ ਲਈ ਬਹੁਤ ਅਹਿਮੀਅਤ ਰੱਖਦੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਅਹਿਮ ਪ੍ਰਾਜੈਕਟਾਂ ਨਾਲ ਸਬੰਧਤ ਮੁਆਵਜ਼ੇ ਦੀ ਵੰਡ, ਕਬਜ਼ੇ ਦੀ ਪ੍ਰਕਿਰਿਆ ਅਤੇ ਜ਼ਮੀਨ ਦੇ ਐਵਾਰਡ ਸਬੰਧੀ ਪੈਂਡਿੰਗ ਮਾਮਲਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ’ਤੇ ਹੀ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।
ਚੱਲ ਰਹੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਅਹਿਮ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਵਿਕਾਸ ਲਈ ਅਹਿਮ ਕਰਾਰ ਦਿੰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਹਾਈਵੇ ਪ੍ਰਾਜੈਕਟਾਂ ਸਦਕਾ ਬਿਹਤਰ ਖੇਤਰੀ ਸੰਪਰਕ ਨਾਲ ਵਿਕਾਸ ਲਈ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਰਾਸ਼ਟਰੀ ਮਹੱਤਵ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਮੀਟਿੰਗ ਵਿੱਚ ਐਸ.ਡੀ.ਐਮ.ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ, ਪ੍ਰਾਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਪ੍ਰਿਯੰਕਾ ਮੀਨਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
......

