ਜਲੰਧਰ, 17 ਅਪ੍ਰੈਲ : (ਰਿਪੋਰਟ ਵਿਕਾਸ) ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਲੋਕ ਮਸਲਿਆਂ ਦਾ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਫ ਕਿਹਾ ਕਿ ਹਰ ਇਕ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਕੇ ਉਸਦਾ ਢੁੱਕਵਾਂ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਪੇਸ਼ੇਵਰ ਢੰਗ ਨਾਲ ਕੰਮ ਕਰਨ, ਤਾਂ ਜੋ ਸਰਕਾਰੀ ਸੇਵਾਵਾਂ ਨੂੰ ਹੋਰ ਸੁਧਾਰਿਆ ਜਾ ਸਕੇ ਅਤੇ ਲੋਕਾਂ ਤੱਕ ਸੁਚੱਜੇ ਤਰੀਕੇ ਨਾਲ ਪਹੁੰਚਾਇਆ ਜਾ ਸਕੇ। ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸਮੱਸਿਆਵਾਂ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ, ਤਾਂ ਜੋ ਲੋਕਾਂ ਨੂੰ ਜਲਦੀ ਰਾਹਤ ਮਿਲ ਸਕੇ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਸਕੀਮਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਜੇ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਅੰਤ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਲੋਕਾਂ ਦਾ ਪ੍ਰਸ਼ਾਸਨ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼, ਸਿਵਲ ਸਰਜਨ, ਜ਼ਿਲ੍ਹਾ ਮਾਲ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਰਹੇ।

